ਫ਼ਿਰੋਜ਼ਪੁਰ (ਮਨੋਹਰ ਲਾਲ) ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਐਸ.ਕੇ. ਅਗਰਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਸ਼੍ਰੀ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਵੇਂ ਕੋਰਟ ਕੰਪਲੈਕਸ ਫਿਰੋਜ਼ਪੁਰ ਵਿਖੇ ਸ਼ਿਕਾਇਤਾਂ ਨਿਵਾਰਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਹੈਲਪ ਡੈਸਕ ਲਗਾਏ ਗਏ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਸ.ਕੇ ਅਗਰਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਵਿਭਾਗ ਜਿਵੇਂ ਕਿ ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ, ਲੇਬਰ ਵਿਭਾਗ, ਭਲਾਈ ਵਿਭਾਗ ਆਦਿ ਵੱਲੋਂ ਆਪਣੇ ਆਪਣੇ ਬੈਂਚ ਲਗਾਏ ਗਏ ਅਤੇ ਆਮ ਜਨਤਾ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਲਈ ਸਬੰਧਤ ਵਿਭਾਗਾਂ ਨਾਲ ਜਾਣੂ ਕਰਵਾਇਆ ਅਤੇ ਬਹੁਤ ਸਾਰੇ ਲੋਕਾਂ ਦੇ ਰੋਜਮਰ੍ਹਾਂ ਜੀਵਨ ਵਿੱਚ ਆ ਰਹੀਆਂ ਮੁਸ਼ਕਲਾਂ ਦਾ ਮੌਕੇ ਤੇ ਹੱਲ ਵੀ ਕੀਤਾ। ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮ ਸੀ.ਜੇ.ਐਮ ਨੇ ਦੱਸਿਆ ਕਿ ਇਸ ਸ਼ਿਕਾਇਤਾਂ ਨਿਵਾਰਨ ਕੈਂਪ ਵਿਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਿੱਥੇ ਮੌਕੇ ਤੇ ਨਿਪਟਾਰਾ ਹੋ ਜਾਂਦਾ ਹੈ ਉੱਥੇ ਹੀ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਬਹੁਤ ਸਾਰੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਵੀ ਜਲਦ ਤੋਂ ਜਲਦ ਕਰਨ ਲਈ ਕਿਹਾ।