ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਤੇ ਬਾਬਾ ਬਲਬੀਰ ਸਿੰਘ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ (ਬਿਉਰੋ) ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਪੰਥਕ ਸੇਵਾਵਾਂ ਨਿਭਾਉਣ ਲਈ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਨੂੰ ‘ਸ਼੍ਰੋਮਣੀ ਰਾਗੀ’ ਅਤੇ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ ‘ਸ਼੍ਰੋਮਣੀ ਸੇਵਾ ਰਤਨ’ ਦੀ ਉਪਾਧੀ ਨਾਲ ਸਨਮਾਨਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਤ ਕਰਕੇ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਗਏ। ਇਸ ਮੌਕੇ ਗੁਰਬਾਣੀ ਕੀਰਤਨ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਪੁਰਾਤਨ ਪਰੰਪਰਾ ਅਨੁਸਾਰ ਭਾਈ ਜਸਵੰਤ ਸਿੰਘ ਤੇ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਭਾਗ ਸਿੰਘ ਵੱਲੋਂ ਇਹ ਸਨਮਾਨ ਦਿੱਤੇ ਗਏ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੇ ਸਿੱਖ ਪੰਥ ਨੂੰ ਕੋਈ ਖਾਸ ਦੇਣ ਦਿੱਤੀ ਹੋਵੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨ ਦੇਣ ਦੀ ਰਵਾਇਤ ਹੈ ਅਤੇ ਇਸੇ ਤਹਿਤ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਅਤੇ ਸਿੱਖ ਕੌਮ ਅੰਦਰ ਸਤਿਕਾਰਤ ਸਥਾਨ ਰੱਖਣ ਵਾਲੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੰਜ ਸਿੰਘ ਸਾਹਿਬਾਨ ਵੱਲੋਂ ਇਕੱਤਰਤਾ ਦੌਰਾਨ ਲਏ ਗਏ ਫੈਸਲੇ ਅਨੁਸਾਰ ਦਿੱਤੇ ਗਏ ਹਨ। ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਇਹ ਦੋਵੇਂ ਸ਼ਖਸੀਅਤਾਂ ਕੌਮ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਜਿਥੇ ਭਾਈ ਜਸਵੰਤ ਸਿੰਘ ਅਤੇ ਬਾਬਾ ਬਲਬੀਰ ਸਿੰਘ ਨੂੰ ਵਧਾਈ ਦਿੱਤੀ ਉਥੇ ਹੀ ਇਨ੍ਹਾਂ ਦੀਆਂ ਪੰਥ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਨੇ ਪੰਥ ਨੂੰ ਇਕਜੁੱਟ ਕਰਨ ਵਿਚ ਸਦਾ ਹੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਨੇਕਾਂ ਕਾਰਜ ਕੀਤੇ ਹਨ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਬਲਬੀਰ ਸਿੰਘ ਨੇ ਸਮੇਂ-ਸਮੇਂ ਵਿਸ਼ਾਲ ਗੱਤਕਾ ਸਮਾਗਮ ਕਰਵਾ ਕੇ ਸਿੱਖ ਨੌਜੁਆਨੀ ਅੰਦਰ ਕੌਮੀ ਜਜ਼ਬਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਭਾਈ ਜਸਵੰਤ ਸਿੰਘ ਦੀਆਂ ਪੰਥਕ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਰਾਗ ਅਧਾਰਤ ਕੀਰਤਨ ਸ਼ੈਲੀ ਨਵੇਂ ਕੀਰਤਨੀਆਂ ਲਈ ਪ੍ਰੇਰਨਾ ਹੈ।
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਪਰਮਜੀਤ ਸਿੰਘ ਰਾਣਾ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਐਡੀਸ਼ਨਲ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ, ਬਾਬਾ ਅਵਤਾਰ ਸਿੰਘ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਾਗਰ ਸਿੰਘ ਤੇ ਬਾਬਾ ਨੌਰੰਗ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਸ਼ਿੰਦਾ ਸਿੰਘ ਮਹਿਤਾ ਚੌਂਕ, ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਮਾਨ ਸਿੰਘ ਦਲ ਮੜੀਆਂ ਵਾਲਾ, ਬਾਬਾ ਵਰਿਆਮ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਜੱਸਾ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਜਸਪਾਲ ਸਿੰਘ ਜੌਹਲਾਂਵਾਲੇ, ਬਾਬਾ ਸੁੱਖਾਂ ਸਿੰਘ ਖਿਆਲੇਵਾਲੇ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਖੜਕ ਸਿੰਘ, ਬਾਬਾ ਲੱਖਾ ਸਿੰਘ ਹਰਿਆਣਾ, ਬਾਬਾ ਢੂੰਡਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।